ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 18

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। 2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। 3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ। 4ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ। 5ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। 6ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ। 7ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ! 8ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ। 9ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ। 10ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ। 11ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ। 12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ। 13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ। 14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ। 15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ। 16ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ। 17ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ। 18ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ। 19ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ। 20ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ, 21ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ। 22ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ। 23ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ। 24ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ। 25ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ। 26ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ। 27ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ। 28ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ। 29ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ। 30ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ। 31ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ? 32ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ। 33ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ। 34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ। 35ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ। 36ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ। 37ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ। 38ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ। 39ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ। 40ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ। 41ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ। 42ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ। 43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ। 44ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ। 45ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ। 46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ! 47ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ, 48ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ। 49ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ। 50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।