ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਕਹਾਉਤਾਂ 16

ਇਹ ਅਧਿਆਇ ਇਸ ਦਾ ਹਿੱਸਾ ਹੈ: Spreuken van Salomo

1ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ। 2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ। 3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ। 4ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ। 5ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। 6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ। 7ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ। 8ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ। 9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ। 10ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ। 11ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। 12ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ। 13ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। 14ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। 15ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ। 16ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ। 17ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ। 18ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। 19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ। 20ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! 21ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ। 22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ। 23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। 24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। 25ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। 26ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। 27ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। 28ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। 29ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। 30ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ। 31ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ। 32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ। 33ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।